ਦੋ ਦਿਨਾਂ ਦੌਰਾਨ 240 ਸੂਹਾਂ ਮਿਲੀਆਂ; ਪੰਜ ਸੌ ਮੁਲਜ਼ਮ ਕੀਤੇ ਗਏ ਗ੍ਰਿਫ਼ਤਾਰ
ਕੁਲਵਿੰਦਰ ਦਿਓਲ
ਨਵੀਂ ਦਿੱਲੀ, 31 ਮਾਰਚ
ਪੰਜਾਬ ਪੁਲੀਸ ਨੂੰ 181 ਨੰਬਰ ਹੈਲਪਲਾਈਨ ‘ਤੇ ਪਿਛਲੇ ਕੇਵਲ ਦੋ ਦਿਨਾਂ ਵਿੱਚ ਨਸ਼ਿਆਂ ਦੇ ਸਬੰਧ ਵਿੱਚ 240 ਸੂਹਾਂ ਮਿਲੀਆਂ ਹਨ। ਇਸ ਸਬੰਧੀ ਹੁਣ ਤੱਕ ਤਕਰੀਬਨ 500 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਨਿਕਲਣ ਲੱਗੇ ਹਨ ਅਤੇ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਇਸ ਮੁਹਿੰਮ ਨੂੰ ਹੁਲਾਰਾ ਮਿਲੇਗਾ। ਬਾਦਲ ਸਰਕਾਰ ਦੇ ਸ਼ਾਸਨ ਦੌਰਾਨ ਨਕਾਰਾ ਕੀਤੀ ਚੌਵੀ ਘੰਟੇ ਚੱਲਣ ਵਾਲੀ ਹੈਲਪਲਾਈਨ ਦੇ ਸਫ਼ਲਤਾਪੂਰਨ ਮੁੜ ਸ਼ੁਰੂ ਹੋਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਪੁਲੀਸ ਤੇ ਖ਼ੁਫ਼ੀਆ ਏਜੰਸੀਆਂ ਨੂੰ ਆਉਂਦੇ ਦਿਨਾਂ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕਰਨ ਅਤੇ ਇਸ ਸਬੰਧੀ ਆਮ ਲੋਕਾਂ ਦੀ ਮਦਦ ਲੈਣ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿੱਚੋਂ ਚਾਰ ਹਫ਼ਤਿਆਂ ਵਿੱਚ ਨਸ਼ਿਆਂ ਦਾ ਸਫ਼ਾਇਆ ਕਰਨ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਸਰਕਾਰ ਨੇ ਭਰੋਸਾ ਦਿਵਾਇਆ ਸੀ ਕਿ ਨਸ਼ਿਆਂ ਵਿਰੁੱਧ ਸੂਹ ਦੇਣ ਵਾਲੇ ਦੀ ਸ਼ਨਾਖਤ ਗੁਪਤ ਰੱਖੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਸੂਹ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਦੀ ਪੁਸ਼ਟੀ ਤੋਂ ਬਾਅਦ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸੂਹਾਂ ਨਸ਼ਿਆਂ ਦੀ ਵਿਕਰੀ ਵਾਲੇ ਅੱਡਿਆਂ ਅਤੇ ਨਸ਼ੇ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਬਾਰੇ ਮਿਲ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੱਗੀ ਪੁਲੀਸ ਤੇ ਹੋਰ ਏਜੰਸੀਆਂ ਵੱਲੋਂ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਵੀਆਈਪੀਜ ਦੀ ਸੁਰੱਖਿਆ ਦੇ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਦਾ ਕੰਮ ਲੋਕਾਂ ਦੀ ਸੁਰੱਖਿਆ ਕਰਨਾ ਹੈ ਅਤੇ ਇਹ ਸਿਆਸੀ ਆਗੂਆਂ ਦੇ ਰੁਤਬੇ ਦੇ ਚਿੰਨ੍ਹ ਲਈ ਨਹੀਂ ਹੈ।
ਨਸ਼ਿਆਂ ਦੇ ਸਬੰਧ ਵਿੱਚ ਅੰਕੜੇ ਮੁਹੱਈਆ ਕਰਵਾਉਂਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ 16 ਤੋਂ 29 ਮਾਰਚ ਤੱਕ ਨਸ਼ੇ ਦੇ 497 ਵਪਾਰੀਆਂ ਅਤੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਐਨਡੀਪੀਐਸ ਐਕਟ ਤਹਿਤ 449 ਕੇਸ ਦਰਜ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 4.034 ਕਿਲੋ ਹੈਰੋਇਨ ਤੇ 0.605 ਕਿਲੋ ਸਮੈਕ ਬਰਾਮਦ ਕੀਤੀ ਗਈ। ਇਸ ਦੌਰਾਨ 2.22 ਕਿਲੋ ਚਰਸ, 24.46 ਕਿਲੋ ਅਫ਼ੀਮ, 715.31 ਕਿਲੋ ਪੋਸਤ ਅਤੇ 1.879 ਕਿਲੋ ਭੰਗ ਫੜੀ ਗਈ ਹੈ। ਪੁਲੀਸ ਨੇ 12.519 ਕਿਲੋ ਨਸ਼ੀਲਾ ਪਾਊਡਰ, 1576 ਟੀਕੇ, 111893 ਗੋਲੀਆਂ/ਕੈਪਸੂਲ, 72.78 ਕਿਲੋ ਗਾਂਜਾ ਅਤੇ 133 ਸ਼ੀਸ਼ੀਆਂ ਸਿਰਪ ਵੀ ਫੜਿਆ ਹੈ।
ਸਰਹੱਦ ਪਾਰੋਂ ਤਸਕਰੀ ਰੋਕਣ ਲਈ ਯਤਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਕੋਟਿਕਸ ਕੰਟਰੋਲ ਬਿਊਰੋ, ਡਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਅਤੇ ਕਸਟਮਜ਼ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਨ ਲਈ ਵੀ ਸੂਬਾਈ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਦੇਸ਼ ਦੇ ਹੋਰ ਹਿੱਸਿਆਂ ਅਤੇ ਸਰਹੱਦੋਂ ਪਾਰੋਂ ਵੀ ਨਸ਼ਿਆਂ ਦੀ ਸਪਲਾਈ ਤੇ ਤਸਕਰੀ ਰੋਕੀ ਜਾ ਸਕੇ।
No comments:
Post a Comment